Friday, 31 July 2026
ਸਫਾਈ ਕਰਮਚਾਰੀਆਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਮੋਹਿੰਦਰ ਭਗਤ

ਸਫਾਈ ਕਰਮਚਾਰੀਆਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਲਈ ਪੰਜਾਬ ਸਰਕਾਰ ਵਚਨਬੱਧ: ਮੋਹਿੰਦਰ ਭਗਤ

ਠੇਕਾ ਆਧਾਰਿਤ ਸਫਾਈ ਕਰਮਚਾਰੀਆਂ ਦੀ ਤਨਖਾਹ 10,500 ਤੋਂ ਵਧਾ ਕੇ 20,500 ਰੁਪਏ ਕਰਨ ਨੂੰ ਦੱਸਿਆ ਇਤਿਹਾਸਕ ਕਦਮ

ਜਲੰਧਰ, 31 ਜੁਲਾਈ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਮਾਣ-ਸਨਮਾਨ, ਹੱਕਾਂ ਅਤੇ ਆਰਥਿਕ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ।

ਸਰਕਟ ਹਾਊਸ ਵਿਖੇ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸਰਕਾਰ ਕਿਰਤੀਆਂ, ਕਾਮਿਆਂ ਅਤੇ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।

ਮੋਹਿੰਦਰ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਮ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਅਤੇ ਇਤਿਹਾਸਕ ਫ਼ੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਅਤੇ ਗੁਣਵੱਤਾ ਭਰਪੂਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਦਕਿ 600 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਲੱਖਾਂ ਪਰਿਵਾਰਾਂ ਨੂੰ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਮਹਿਲਾਵਾਂ ਦੇ ਸਸ਼ਕਤੀਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕੀਤੀ ਗਈ ਹੈ ਅਤੇ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੈਰਿਟ ਦੇ ਆਧਾਰ 'ਤੇ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਭਵਿੱਖ ਵਿੱਚ ਵੀ ਸਫਾਈ ਕਰਮਚਾਰੀਆਂ ਦੇ ਹਿੱਤਾਂ, ਸਨਮਾਨ ਅਤੇ ਭਲਾਈ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰਦੀ ਰਹੇਗੀ।

ਇਸ ਮੌਕੇ ਜਲੰਧਰ ਦੇ ਮੇਅਰ ਵਿਨੀਤ ਧੀਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨੀਕ ਸਿੰਘ ਰੰਧਾਵਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਰਾਜਵਿੰਦਰ ਕੌਰ ਥਿਆੜਾ, ਨਿਤਿਨ ਕੋਹਲੀ, ਤਰਨਦੀਪ ਸੰਨੀ ਅਤੇ ਸੰਜੀਵ ਭਗਤ ਵੀ ਹਾਜ਼ਰ ਸਨ।

Published on: 31 Jul 2026

Editor Info

Pushpinder Kaur
publictimes@gmail.com
+91 84278 93668