ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਜਲੰਧਰ ’ਚ ਸਮੀਖਿਆ ਮੀਟਿੰਗ; ‘ਨਮਸਤੇ’ ਪੋਰਟਲ ’ਤੇ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼
ਜਲੰਧਰ, 11 ਸਤੰਬਰ: ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਹਰਦੀਪ ਸਿੰਘ ਗਿੱਲ ਨੇ ਵੀਰਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸਫਾਈ ਕਰਮਚਾਰੀਆਂ ਦੀ ‘ਨਮਸਤੇ’ ਪੋਰਟਲ ’ਤੇ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਗਿੱਲ ਨੇ ਕਿਹਾ ਕਿ ਕਮਿਸ਼ਨ ਸਫਾਈ ਕਰਮਚਾਰੀਆਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਕੰਮ ਕਰ ਰਿਹਾ ਹੈ।
‘ਨਮਸਤੇ’ ਪੋਰਟਲ ਲਈ ਲੱਗਣਗੇ ਵਿਸ਼ੇਸ਼ ਕੈਂਪ
ਗਿੱਲ ਨੇ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਫਾਈ ਕਰਮਚਾਰੀਆਂ ਦੀ ‘ਨਮਸਤੇ’ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾਣ, ਤਾਂ ਜੋ ਯੋਗ ਕਰਮਚਾਰੀਆਂ ਨੂੰ ਮੁਫ਼ਤ ਸਫਾਈ ਕਿੱਟਾਂ ਸਮੇਤ ਹੋਰ ਬਣਦੀਆਂ ਸਹੂਲਤਾਂ ਦਾ ਲਾਭ ਮਿਲ ਸਕੇ।
ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਐਨ.ਐਸ.ਕੇ.ਐਫ.ਡੀ.ਸੀ. (NSKFDC) ਨਾਲ ਤਾਲਮੇਲ ਕਰਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਸਫਾਈ ਕਰਮਚਾਰੀਆਂ ਨੂੰ ਕਾਰਪੋਰੇਸ਼ਨ ਦੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ।
ਇਸ ਦੇ ਨਾਲ ਹੀ ਐਮ.ਐਸ. ਐਕਟ-2013 ਸਬੰਧੀ ਜਾਗਰੂਕਤਾ ਵਧਾਉਣ ਲਈ ਕੈਂਪ ਅਤੇ ਵਰਕਸ਼ਾਪਾਂ ਕਰਵਾਉਣ ਲਈ ਵੀ ਕਿਹਾ ਗਿਆ।
ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰੀ ਕਮੇਟੀਆਂ ਦੀਆਂ ਮੀਟਿੰਗਾਂ ਨਿਯਮਿਤ ਕਰਨ ਦੇ ਹੁਕਮ
ਕਮਿਸ਼ਨ ਮੈਂਬਰ ਨੇ ਕਿਹਾ ਕਿ ਸਫਾਈ ਕਰਮਚਾਰੀਆਂ ਦੀ ਬਿਹਤਰੀ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਲਈ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਗਠਿਤ ਕਮੇਟੀਆਂ ਦੀਆਂ ਮੀਟਿੰਗਾਂ ਨਿਯਮਿਤ ਤੌਰ ’ਤੇ ਕੀਤੀਆਂ ਜਾਣ। ਉਨ੍ਹਾਂ ਨਗਰ ਨਿਗਮ ਅਤੇ ਨਗਰ ਕੌਂਸਲਾਂ ਨੂੰ ਸਫਾਈ ਕਰਮਚਾਰੀਆਂ ਲਈ ਢੁੱਕਵੇਂ ਚੇਂਜਿੰਗ ਰੂਮਾਂ ਦੀ ਵਿਵਸਥਾ ਕਰਨ ਲਈ ਵੀ ਕਿਹਾ।
ਗਿੱਲ ਨੇ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ, ਇਸ ਲਈ ਉਨ੍ਹਾਂ ਦੀ ਭਲਾਈ ਨਾਲ ਸਬੰਧਤ ਸਕੀਮਾਂ ਅਤੇ ਕਾਨੂੰਨੀ ਵਿਵਸਥਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਵਰੁਣ ਕੁਮਾਰ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਰਣਬੀਰ ਸਿੰਘ ਤੋਂ ਇਲਾਵਾ ਨਗਰ ਨਿਗਮ, ਨਗਰ ਕੌਂਸਲਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।