ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਤੇ BSF ਦੀ ਸਾਂਝੀ ਕਾਰਵਾਈ, ਫਾਜ਼ਿਲਕਾ ਦੇ ਸਤੀਰਵਾਲਾ ਨੇੜਿਓਂ ਮੁਲਜ਼ਮ ਕਾਬੂ
ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਜ਼ਬਤ, ਸਰਹੱਦ ਪਾਰ ਹੈਂਡਲਰਾਂ ਨਾਲ ਸਬੰਧਾਂ ਦੀ ਜਾਂਚ ਜਾਰੀ
ਫਿਰੋਜ਼ਪੁਰ/ਫਾਜ਼ਿਲਕਾ, 8 ਅਗਸਤ 2026: ਸਰਹੱਦ ਪਾਰ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਬਾਰਡਰ ਸਕਿਓਰਿਟੀ ਫੋਰਸ (BSF) ਨਾਲ ਸਾਂਝੀ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ 30.200 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਦੌਰਾਨ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (DGP) ਗੌਰਵ ਯਾਦਵ ਅਨੁਸਾਰ ਇਹ ਕਾਰਵਾਈ ਖਾਸ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ ਅਤੇ BSF ਵੱਲੋਂ ਸਾਂਝੇ ਤੌਰ ’ਤੇ ਕੀਤੀ ਗਈ।
ਪੁਲਿਸ ਅਤੇ BSF ਦੀ ਸਾਂਝੀ ਟੀਮ ਨੇ ਫਾਜ਼ਿਲਕਾ ਜ਼ਿਲ੍ਹੇ ਵਿੱਚ ਹਿੰਦੂਮਲਕੋਟ ਰੋਡ ’ਤੇ ਪਿੰਡ ਸਤੀਰਵਾਲਾ ਨੇੜੇ ਮੋਟਰਸਾਈਕਲ ’ਤੇ ਜਾ ਰਹੇ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ 30.200 ਕਿਲੋ ਹੈਰੋਇਨ ਬਰਾਮਦ ਹੋਈ।
ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ, ਵਾਸੀ ਪਿੰਡ ਵਾਲੇ ਸ਼ਾਹ ਉੱਤਰ, ਜ਼ਿਲ੍ਹਾ ਫਾਜ਼ਿਲਕਾ ਅਤੇ ਮਨਪ੍ਰੀਤ ਸਿੰਘ, ਵਾਸੀ ਪਿੰਡ ਨਵਾਂ ਹਸਤਾ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਤਸਕਰੀ ਲਈ ਕਥਿਤ ਤੌਰ ’ਤੇ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (PB-05-AS-9856) ਵੀ ਜ਼ਬਤ ਕਰ ਲਿਆ ਹੈ।
ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਪੁਲਿਸ ਸਟੇਸ਼ਨ ਫਾਜ਼ਿਲਕਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਏ.ਆਈ.ਜੀ. ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਪੁਖਤਾ ਖੁਫੀਆ ਸੂਚਨਾ ਦੇ ਆਧਾਰ ’ਤੇ ਅਮਲ ਵਿੱਚ ਲਿਆਂਦੀ ਗਈ। ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ (forward and backward linkages) ਦੀ ਪੜਤਾਲ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਹੱਦ ਪਾਰ ਬੈਠੇ ਹੈਂਡਲਰਾਂ ਨਾਲ ਕੌਣ-ਕੌਣ ਵਿਅਕਤੀ ਜੁੜੇ ਹੋਏ ਹਨ ਅਤੇ ਹੈਰੋਇਨ ਦੀ ਇਸ ਵੱਡੀ ਖੇਪ ਨੂੰ ਅੱਗੇ ਕਿੱਥੇ ਅਤੇ ਕਿਸ ਨੂੰ ਸਪਲਾਈ ਕੀਤਾ ਜਾਣਾ ਸੀ।
ਅਧਿਕਾਰੀਆਂ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਅੰਦਾਜ਼ਨ ਕੀਮਤ ਕਰੀਬ 150 ਕਰੋੜ ਰੁਪਏ ਦੱਸੀ ਜਾ ਰਹੀ ਹੈ। ਜਾਂਚ ਅੱਗੇ ਵਧਣ ਨਾਲ ਇਸ ਮਾਮਲੇ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦੀ ਖੇਤਰਾਂ ਵਿੱਚ ਸਖ਼ਤ ਨਿਗਰਾਨੀ ਰੱਖਣ ਅਤੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਨਾਰਕੋ-ਕ੍ਰਾਈਮ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਕਰਨ ਲਈ ਵਚਨਬੱਧ ਹੈ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸੂਬੇ ਵਿੱਚ ਨਸ਼ਾ ਤਸਕਰੀ ਦੇ ਨੈੱਟਵਰਕਾਂ ਨੂੰ ਤੋੜਨ ਲਈ ਚਲਾਈ ਜਾ ਰਹੀ ਮੁਹਿੰਮ ਦਾ ਹਿੱਸਾ ਦੱਸੀ ਗਈ ਹੈ।
Embedded post from X
View post on X