Saturday, 22 August 2026
ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਲਾਮਿਸਾਲ ਢੰਗ ਨਾਲ ਮਨਾਏਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਲਾਮਿਸਾਲ ਢੰਗ ਨਾਲ ਮਨਾਏਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

100 ਕਰੋੜ ਰੁਪਏ ਦਾ ਬਜਟ ਰੱਖਿਆ; 92 ਡਰੋਨ ਸ਼ੋਅ ਅਤੇ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਹੋਣਗੀਆਂ ਖਿੱਚ ਦਾ ਕੇਂਦਰ

ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ

ਜਲੰਧਰ, 22 ਅਗਸਤ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ’ਤੇ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ ਅਤੇ ਇਸ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਦੌਰਾਨ ਦਿੱਤੀ।

ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।

ਪੰਜਾਬ ਭਰ ’ਚ 650 ਏਕੜ ’ਚ ਬਣਨਗੀਆਂ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ

ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਵਿਆਪਕ ਪੱਧਰ ’ਤੇ ਪ੍ਰੋਗਰਾਮ ਕਰਵਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕੁੱਲ 650 ਏਕੜ ਜ਼ਮੀਨ ’ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹਰ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ।

37 ਕਰੋੜ ਨਾਲ ਬਣ ਰਿਹਾ ਬਾਣੀ ਅਧਿਐਨ ਕੇਂਦਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ/ਫਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਇਸ ਕੇਂਦਰ ਰਾਹੀਂ ਗੁਰੂ ਸਾਹਿਬ ਦੀ ਬਾਣੀ, ਜੀਵਨ ਫਲਸਫ਼ੇ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ’ਤੇ ਅਧਿਐਨ ਅਤੇ ਖੋਜ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਦਿਅਕ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ।

13 ਹਜ਼ਾਰ ਪਿੰਡਾਂ ’ਚ ਦਿਖਾਈ ਜਾਵੇਗੀ ਵਿਸ਼ੇਸ਼ ਡਾਕੂਮੈਂਟਰੀ

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਪੰਜਾਬ ਦੇ ਕਰੀਬ 13 ਹਜ਼ਾਰ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਦਿਖਾਈ ਜਾ ਰਹੀ ਹੈ।

ਇਸ ਮੁਹਿੰਮ ਦਾ ਉਦੇਸ਼ ਗੁਰੂ ਸਾਹਿਬ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਪੰਜਾਬ ’ਚ ਹੋਣਗੇ 92 ਡਰੋਨ ਸ਼ੋਅ

650ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਹੋਰ ਵਿਸ਼ਾਲ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਦਿਆਂ 92 ਡਰੋਨ ਸ਼ੋਅ ਕਰਵਾਉਣ ਦੀ ਯੋਜਨਾ ਬਣਾਈ ਗਈ ਹੈ। ਇਹ ਡਰੋਨ ਸ਼ੋਅ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੁੱਖ ਆਕਰਸ਼ਣਾਂ ਵਿੱਚ ਸ਼ਾਮਲ ਹੋਣਗੇ।

ਇਸ ਦੇ ਨਾਲ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ ਵੀ ਕੱਢੀਆਂ ਜਾਣਗੀਆਂ। ਇਨ੍ਹਾਂ ਵਿੱਚ ਵਾਰਾਣਸੀ ਤੋਂ ਖੁਰਾਲਗੜ੍ਹ ਸਾਹਿਬ, ਫਰੀਦਕੋਟ ਤੋਂ ਖੁਰਾਲਗੜ੍ਹ ਸਾਹਿਬ, ਬਠਿੰਡਾ ਤੋਂ ਖੁਰਾਲਗੜ੍ਹ ਸਾਹਿਬ ਅਤੇ ਜੰਮੂ ਤੋਂ ਖੁਰਾਲਗੜ੍ਹ ਸਾਹਿਬ ਤੱਕ ਸ਼ੋਭਾ ਯਾਤਰਾਵਾਂ ਸ਼ਾਮਲ ਹਨ।

ਇਨ੍ਹਾਂ ਸ਼ੋਭਾ ਯਾਤਰਾਵਾਂ ਦੇ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਉੱਥੇ ਤਿੰਨ ਦਿਨਾ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ।

‘ਵਿੱਦਿਆ ਔਖੇ ਸਮੇਂ ਵਿੱਚ ਮਨੁੱਖ ਦੀ ਸਭ ਤੋਂ ਵੱਡੀ ਸਾਥੀ’

ਸੈਮੀਨਾਰ ਦੌਰਾਨ ਸੰਤ ਨਿਰਮਲ ਦਾਸ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਔਖੇ ਸਮੇਂ ਵਿੱਚ ਵਿੱਦਿਆ ਹੀ ਮਨੁੱਖ ਦੀ ਸਭ ਤੋਂ ਵੱਡੀ ਸਾਥੀ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਵਿੱਚ ਇਕਾਗਰਤਾ ਅਤੇ ਮਿਹਨਤ ਕਰਨ ਦੇ ਨਾਲ ਬੁਰਾਈਆਂ ਤੋਂ ਦੂਰ ਰਹਿ ਕੇ ਗਿਆਨ ਅਤੇ ਚੰਗੇ ਗੁਣਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।

ਸੰਤ ਪ੍ਰਦੀਪ ਦਾਸ ਜੀ ਨੇ ਕਿਹਾ ਕਿ ਸਿੱਖਿਆ ਰਾਹੀਂ ਹੀ ਸਮਾਜ ਆਤਮਿਕ ਅਤੇ ਸਮਾਜਿਕ ਤੌਰ ’ਤੇ ਅੱਗੇ ਵਧ ਸਕਦਾ ਹੈ।

ਭੈਣ ਸੰਤੋਸ਼ ਕੁਮਾਰੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ‘ਬੇਗਮਪੁਰਾ’ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਸੰਦੇਸ਼ ਊਚ-ਨੀਚ ਅਤੇ ਸਮਾਜਿਕ ਵਿਤਕਰੇ ਨੂੰ ਖ਼ਤਮ ਕਰਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਦਾ ਰਾਹ ਦਿਖਾਉਂਦਾ ਹੈ।

ਸਮਾਗਮ ਵਿੱਚ ਚਾਂਸਲਰ ਸੰਤ ਮਨਮੋਹਨ ਸਿੰਘ ਜੀ, ਸੰਤ ਸਰਵਣ ਸਿੰਘ ਜੀ, ਸੰਤ ਨਿਰਮਲ ਦਾਸ ਜੀ, ਸੰਤ ਪ੍ਰਦੀਪ ਦਾਸ ਜੀ, ਭੈਣ ਸੰਤੋਸ਼ ਕੁਮਾਰੀ, ਉਪ-ਕੁਲਪਤੀ ਪ੍ਰੋ. ਪਲਵਿੰਦਰ ਸਿੰਘ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਵਨ ਟੀਨੂੰ, ਐਸ.ਡੀ.ਐਮ. ਲਾਲ ਵਿਸ਼ਵਾਸ਼ ਬੈਂਸ, ਸੰਤ-ਮਹਾਂਪੁਰਸ਼, ਰਾਜਨੀਤਿਕ ਸ਼ਖ਼ਸੀਅਤਾਂ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

 

Published on: 22 Aug 2026

Editor Info

Pushpinder Kaur
publictimes@gmail.com
+91 84278 93668