Tuesday, 18 August 2026
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ : ਮੋਹਿੰਦਰ ਭਗਤ

ਡੀ.ਏ.ਵੀ. ਯੂਨੀਵਰਸਿਟੀ ’ਚ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਸੈਮੀਨਾਰ

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦੇ ਸਿਧਾਂਤ ਜੀਵਨ ’ਚ ਅਪਣਾਉਣ ਦਾ ਦਿੱਤਾ ਸੱਦਾ

ਜਲੰਧਰ, 18 ਅਗਸਤ: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਮਹਾਨ ਸਿੱਖਿਆਵਾਂ ਨੇ ਮਨੁੱਖਤਾ ਨੂੰ ਸੱਚਾ ਰਾਹ ਦਿਖਾਇਆ ਅਤੇ ਆਦਰਸ਼ ਸਮਾਜ ਦੀ ਸਿਰਜਣਾ ਲਈ ਸਾਨੂੰ ਇਨ੍ਹਾਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਡੀ.ਏ.ਵੀ. ਯੂਨੀਵਰਸਿਟੀ ਵਿਖੇ ‘ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਸਮਾਜਿਕ ਸਮਾਨਤਾ’ ਵਿਸ਼ੇ ’ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ।

ਗੁਰੂ ਜੀ ਨੇ ਦਿੱਤਾ ਵਿਤਕਰੇ ਅਤੇ ਸ਼ੋਸ਼ਣ ਤੋਂ ਮੁਕਤ ਸਮਾਜ ਦਾ ਸੰਕਲਪ

ਮੋਹਿੰਦਰ ਭਗਤ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਸਮਾਜ ਦਾ ਸੰਕਲਪ ਦਿੱਤਾ, ਜਿਸ ਵਿੱਚ ਕਿਸੇ ਕਿਸਮ ਦੇ ਵਿਤਕਰੇ, ਸ਼ੋਸ਼ਣ ਅਤੇ ਅਸਮਾਨਤਾ ਲਈ ਕੋਈ ਥਾਂ ਨਾ ਹੋਵੇ। ਉਨ੍ਹਾਂ ਦਾ ਸੰਦੇਸ਼ ਬਰਾਬਰੀ, ਨਿਆਂ, ਦਇਆ, ਕਿਰਤ ਅਤੇ ਆਪਸੀ ਸਨਮਾਨ ’ਤੇ ਆਧਾਰਿਤ ਸਮਾਜ ਦੀ ਸਿਰਜਣਾ ਲਈ ਪ੍ਰੇਰਿਤ ਕਰਦਾ ਹੈ।

ਉਨ੍ਹਾਂ ਕਿਹਾ ਕਿ ਗੁਰੂ ਜੀ ਵੱਲੋਂ ਦਿੱਤਾ ਬਰਾਬਰੀ ਅਤੇ ਭਾਈਚਾਰੇ ਦਾ ਸੰਦੇਸ਼ ਸਦੀਆਂ ਬਾਅਦ ਵੀ ਉਨਾ ਹੀ ਪ੍ਰਸੰਗਿਕ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਮਨੁੱਖਤਾ ਦੀ ਭਲਾਈ ਲਈ ਪ੍ਰੇਰਿਤ ਕਰਦਾ ਰਹੇਗਾ।

37 ਕਰੋੜ ਨਾਲ ਬਣ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਵੱਖ-ਵੱਖ ਸਮਾਗਮ ਉਲੀਕੇ ਗਏ ਹਨ।

ਇਸੇ ਲੜੀ ਤਹਿਤ ਡੇਰਾ ਸੱਚਖੰਡ ਬੱਲਾਂ ਨੇੜੇ ਨੌਗਜ਼ਾ ਫਰੀਦਪੁਰਾ ਵਿਖੇ 10.4 ਏਕੜ ਰਕਬੇ ਵਿੱਚ ਕਰੀਬ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿੱਦਿਅਕ ਸੰਸਥਾਵਾਂ ਵਿੱਚ ਸੈਮੀਨਾਰਾਂ ਰਾਹੀਂ ਨੌਜਵਾਨਾਂ ਨੂੰ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਨਾਲ ਜੋੜਿਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਕਰਵਾਉਣ ਦੇ ਨਾਲ ਵਿਸ਼ੇਸ਼ ਮੋਬਾਇਲ ਵੈਨਾਂ ਰਾਹੀਂ ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਵੀ ਦਿਖਾਈ ਜਾ ਰਹੀ ਹੈ।

ਨੌਜਵਾਨ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਹਿੱਸਾ ਬਣਾਉਣ

ਮੋਹਿੰਦਰ ਭਗਤ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਅਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਗੁਰੂ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜਿਕ ਬਰਾਬਰੀ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ।

ਡੇਰਾ ਸੰਤ ਪ੍ਰੀਤਮ ਦਾਸ ਜੀ ਬਾਬੇ ਜੋੜੇ ਤੋਂ ਪੁੱਜੇ ਭੈਣ ਸੰਤੋਸ਼ ਜੀ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਗੁਰੂ ਜੀ ਦੇ ਉਪਦੇਸ਼ਾਂ ਦੀ ਮੌਜੂਦਾ ਸਮੇਂ ਵਿੱਚ ਪ੍ਰਸੰਗਿਕਤਾ ਨੂੰ ਸਮਝਣ ’ਤੇ ਜ਼ੋਰ ਦਿੱਤਾ।

ਸੰਤ ਨਿਰਮਲ ਦਾਸ ਜੀ, ਡੇਰਾ ਸੰਤ ਪ੍ਰੀਤਮ ਦਾਸ ਜੀ ਬਾਬੇ ਜੋੜੇ ਰਾਏਪੁਰ-ਰਸੂਲਪੁਰ ਨੇ ਗੁਰੂ ਜੀ ਦੇ ਸਮਾਨਤਾ, ਕਿਰਤ, ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਨੌਜਵਾਨ ਪੀੜ੍ਹੀ ਤੱਕ ਗੁਰੂ ਜੀ ਦੀਆਂ ਸਿੱਖਿਆਵਾਂ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਸੰਤ ਪ੍ਰਦੀਪ ਦਾਸ ਜੀ, ਡੇਰਾ ਕਠਾਰ ਨੇ ਨੌਜਵਾਨਾਂ ਨੂੰ ਗੁਰੂ ਜੀ ਦੀਆਂ ਸਦੀਵੀ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜਿਕ ਸਦਭਾਵਨਾ ਅਤੇ ਸਮਾਨਤਾ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਗੁਰੂ ਰਵਿਦਾਸ ਜੀ ਦੀ ਬਾਣੀ ਦੀ ਆਧੁਨਿਕ ਸਮਾਜ ’ਚ ਵੀ ਡੂੰਘੀ ਪ੍ਰਸੰਗਿਕਤਾ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ ਨੇ ਮੁੱਖ ਭਾਸ਼ਣ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਦੀ ਵਿਸਥਾਰ ਨਾਲ ਵਿਆਖਿਆ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਵਿਚਾਰਧਾਰਾ ਦੀ ਆਧੁਨਿਕ ਸਮਾਜ ਵਿੱਚ ਵੀ ਡੂੰਘੀ ਪ੍ਰਸੰਗਿਕਤਾ ਹੈ।

ਡੀ.ਏ.ਵੀ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਮਨੋਜ ਕੁਮਾਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਸ਼ਖਸੀਅਤਾਂ ਦਾ ਸਵਾਗਤ ਕੀਤਾ। ਸੈਮੀਨਾਰ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਅਖੀਰ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਐਸ.ਕੇ. ਅਰੋੜਾ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਪੰਜਾਬੀ ਲੋਕ ਗਾਇਕ ਦਲਵਿੰਦਰ ਦਿਆਲਪੁਰੀ, ਯੂਨੀਵਰਸਿਟੀ ਦੇ ਫੈਕਲਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

Published on: 18 Aug 2026

Editor Info

Pushpinder Kaur
publictimes@gmail.com
+91 84278 93668