ਜਹਾਂਗੀਰ, ਮੁਰਾਦਪੁਰ, ਕਿਸ਼ਨਗੜ੍ਹ ਸਮੇਤ ਛੇ ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ, ਨੌਜਵਾਨਾਂ ਨੇ ਲਿਆ ਗੁਰੂ ਜੀ ਦੇ ਉਪਦੇਸ਼ਾਂ 'ਤੇ ਚੱਲਣ ਦਾ ਅਹਿਦ
ਜਲੰਧਰ, 30 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਬੀਤੀ ਸ਼ਾਮ ਜਹਾਂਗੀਰ, ਮੁਰਾਦਪੁਰ, ਕਿਸ਼ਨਗੜ੍ਹ, ਜਗਰਾਵਾਂ, ਰਾਣੀ ਭੱਟੀ ਅਤੇ ਐਮਾ ਕਾਜ਼ੀ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਸੁਧਾਰ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ 'ਤੇ ਆਧਾਰਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ।
ਸਮਾਨਤਾ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਅਪਣਾਉਣ ਦਾ ਲਿਆ ਸੰਕਲਪ
ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਡਾਕੂਮੈਂਟਰੀ ਦੇਖੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਸਮਾਨਤਾ, ਭਾਈਚਾਰੇ, ਮਨੁੱਖਤਾ ਦੀ ਭਲਾਈ ਅਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਅਹਿਦ ਕੀਤਾ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਨੌਜਵਾਨ ਪੀੜ੍ਹੀ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੇ ਜੀਵਨ, ਉੱਚ ਵਿਚਾਰਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨਾਲ ਹੋਰ ਨੇੜਿਓਂ ਜੁੜੇਗੀ, ਜਿਸ ਨਾਲ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।
ਹਰ ਰੋਜ਼ ਛੇ ਪਿੰਡਾਂ ਵਿੱਚ ਦਿਖਾਈ ਜਾ ਰਹੀ ਹੈ ਡਾਕੂਮੈਂਟਰੀ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਡਾਕੂਮੈਂਟਰੀ ਵੈਨਾਂ ਰਾਹੀਂ ਹਰ ਰੋਜ਼ ਜ਼ਿਲ੍ਹੇ ਦੇ ਛੇ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ 'ਤੇ ਇਸ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਉੱਚ ਆਦਰਸ਼ਾਂ, ਸਮਾਜਿਕ ਨਿਆਂ, ਮਨੁੱਖਤਾ ਦੀ ਸੇਵਾ, ਸੱਚ, ਕਿਰਤ ਅਤੇ ਸਮਾਨਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜੋ ਹਰ ਵਰਗ ਦੇ ਲੋਕਾਂ ਨੂੰ ਪ੍ਰੇਰਿਤ ਕਰ ਰਿਹਾ ਹੈ।