ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 5 ਕਿਲੋਮੀਟਰ ਮੈਰਾਥਨ ਨੂੰ ਦਿਖਾਈ ਹਰੀ ਝੰਡੀ; ਨੌਜਵਾਨਾਂ ਨੂੰ ਸਮਾਨਤਾ, ਸਮਾਜਿਕ ਨਿਆਂ ਤੇ ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼
ਜਲੰਧਰ, 1 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਵਿੱਚ 5 ਕਿਲੋਮੀਟਰ ‘ਰਨ ਫਾਰ ਇਕੁਐਲਿਟੀ’ ਮੈਰਾਥਨ ਕਰਵਾਈ ਗਈ, ਜਿਸ ਵਿੱਚ 650 ਐਥਲੀਟਾਂ ਨੇ ਹਿੱਸਾ ਲਿਆ। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਤੋਂ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਮੈਰਾਥਨ ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਤੋਂ ਸ਼ੁਰੂ ਹੋ ਕੇ ਕਪੂਰਥਲਾ ਚੌਕ, ਵਰਕਸ਼ਾਪ ਚੌਕ ਅਤੇ ਡੀਏਵੀ ਕਾਲਜ ਤੋਂ ਹੁੰਦੀ ਹੋਈ ਇਸੇ ਰੂਟ ਰਾਹੀਂ ਵਾਪਸ ਕਾਲਜ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਐਥਲੀਟਾਂ ਦੇ ਨਾਲ ਵੱਖ-ਵੱਖ ਖੇਡ ਕਲੱਬਾਂ ਅਤੇ ਐਨਜੀਓਜ਼ ਨੇ ਵੀ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
12 ਹਜ਼ਾਰ ਤੋਂ ਵੱਧ ਪਿੰਡਾਂ ’ਚ ਦਿਖਾਈ ਜਾ ਚੁੱਕੀ ਦਸਤਾਵੇਜ਼ੀ ਫਿਲਮ
ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਵੱਖ-ਵੱਖ ਥਾਵਾਂ ’ਤੇ ਕੀਰਤਨ ਦਰਬਾਰ ਕਰਵਾਏ ਗਏ ਹਨ, ਜਦਕਿ ਵਿਸ਼ੇਸ਼ ਵੈਨਾਂ ਰਾਹੀਂ 12 ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਦਿਖਾਈ ਜਾ ਚੁੱਕੀ ਹੈ।
6.50 ਲੱਖ ਬੂਟੇ ਲਗਾਉਣ ਦੀ ਮੁਹਿੰਮ
ਮੋਹਿੰਦਰ ਭਗਤ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੇ ਪ੍ਰਸਾਰ ਅਤੇ ਅਕਾਦਮਿਕ ਖੋਜ ਨੂੰ ਉਤਸ਼ਾਹਿਤ ਕਰਨ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਕਰੀਬ 11 ਏਕੜ ਰਕਬੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਸਮਾਗਮਾਂ ਦੇ ਅਗਲੇ ਪੜਾਅ ਤਹਿਤ ਸੂਬੇ ਭਰ ਵਿੱਚ ਡ੍ਰੋਨ ਸ਼ੋਅ ਵੀ ਕਰਵਾਏ ਜਾਣਗੇ।
ਨੌਜਵਾਨਾਂ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ’ਚ ਹਿੱਸਾ ਲੈਣ ਦਾ ਸੱਦਾ
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਵਿਚਾਰਧਾਰਾ ਨੂੰ ਅਮਲੀ ਰੂਪ ਦੇਣ ਲਈ ਸਮਾਨਤਾ, ਸਮਾਜਿਕ ਨਿਆਂ ਅਤੇ ਭਾਈਚਾਰਕ ਸਾਂਝ ਦੇ ਸੰਦੇਸ਼ ਨੂੰ ਅੱਗੇ ਵਧਾਉਣਾ ਜ਼ਰੂਰੀ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਗੁਰੂ ਜੀ ਵੱਲੋਂ ਦਰਸਾਏ ਸਦਭਾਵਨਾ, ਬਰਾਬਰੀ, ਸਮਾਜਿਕ ਨਿਆਂ ਅਤੇ ਆਪਸੀ ਪ੍ਰੇਮ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਜਸ਼ਨ ਤੇ ਹਰਮਿੰਦਰ ਕੌਰ ਰਹੇ ਪਹਿਲੇ ਸਥਾਨ ’ਤੇ
ਮੈਰਾਥਨ ਦੀ ਲੜਕਿਆਂ ਦੀ ਸ਼੍ਰੇਣੀ ਵਿੱਚ ਜਸ਼ਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਦੀਪਕ ਸਿੰਘ, ਰਣਜੋਤ ਸਿੰਘ, ਲਵਪ੍ਰੀਤ ਅਤੇ ਭਾਵਿਤ ਕ੍ਰਮਵਾਰ ਅਗਲੇ ਚਾਰ ਸਥਾਨਾਂ ’ਤੇ ਰਹੇ।
ਲੜਕੀਆਂ ਦੀ ਸ਼੍ਰੇਣੀ ਵਿੱਚ ਹਰਮਿੰਦਰ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ। ਜਸਲੀਨ, ਹਰਨੂਰ, ਸੁੱਖਪ੍ਰੀਤ ਅਤੇ ਖਵਾਇਸ਼ ਨੇ ਕ੍ਰਮਵਾਰ ਦੂਜਾ, ਤੀਜਾ, ਚੌਥਾ ਅਤੇ ਪੰਜਵਾਂ ਸਥਾਨ ਪ੍ਰਾਪਤ ਕੀਤਾ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਐਥਲੀਟਾਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ। ਮੈਰਾਥਨ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਐਨਜੀਓਜ਼ ਅਤੇ ਖੇਡ ਕਲੱਬਾਂ ਨੂੰ ਵੀ ਸਨਮਾਨ ਦਿੱਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਦਿਵਿਆ ਪੀ., ਐਸਡੀਐਮ ਲਾਲ ਵਿਸ਼ਵਾਸ ਬੈਂਸ, ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਵੀ ਦਾਰਾ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਅਤੇ ਤੈਰਾਕੀ ਕੋਚ ਉਮੇਸ਼ ਸ਼ਰਮਾ ਸਮੇਤ ਹੋਰ ਅਧਿਕਾਰੀ ਮੌਜੂਦ ਸਨ।