Saturday, 5 September 2026
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ

ਲਾਇਲਪੁਰ ਖਾਲਸਾ ਕਾਲਜ ਵਿਖੇ ਸ਼ਾਮ 6 ਵਜੇ ਹੋਵੇਗਾ ਸਮਾਗਮ; ਡ੍ਰੋਨ ਲਾਈਟ ਸ਼ੋਅ ਰਾਹੀਂ ਦਰਸਾਇਆ ਜਾਵੇਗਾ ਗੁਰੂ ਸਾਹਿਬ ਦਾ ਜੀਵਨ, ਫ਼ਲਸਫ਼ਾ ਤੇ ਸਦੀਵੀ ਸਿੱਖਿਆਵਾਂ

ਜਲੰਧਰ, 4 ਸਤੰਬਰ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਡ੍ਰੋਨ ਸ਼ੋਅ 6 ਸਤੰਬਰ ਨੂੰ ਸ਼ਾਮ 6 ਵਜੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਕਰਵਾਇਆ ਜਾਵੇਗਾ। ਸਮਾਗਮ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਸ਼ੁਭੀ ਆਂਗਰਾ ਨੇ ਸਮਾਗਮ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ।

ਐਸ.ਡੀ.ਐਮ. ਨੇ ਦੱਸਿਆ ਕਿ ਡ੍ਰੋਨ ਲਾਈਟ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਸਦੀਵੀ ਸਿੱਖਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਡ੍ਰੋਨ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਣ ਰਹੇਗਾ।

ਟ੍ਰੈਫਿਕ, ਪਾਰਕਿੰਗ ਅਤੇ ਮੈਡੀਕਲ ਸਹਾਇਤਾ ਲਈ ਵਿਸ਼ੇਸ਼ ਪ੍ਰਬੰਧ

ਮੀਟਿੰਗ ਦੌਰਾਨ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਪ੍ਰਸ਼ਾਸਨ ਵੱਲੋਂ ਆਵਾਜਾਈ ਪ੍ਰਬੰਧਨ, ਢੁੱਕਵੀਂ ਪਾਰਕਿੰਗ, ਸਮਾਗਮ ਵਾਲੀ ਥਾਂ ਦੀ ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ ਅਤੇ ਐਮਰਜੈਂਸੀ ਮੈਡੀਕਲ ਸਹਾਇਤਾ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਗਿਆ।

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਸਮਾਗਮ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਉੱਘੇ ਰਾਗੀ ਜਥੇ ਕੀਰਤਨ ਰਾਹੀਂ ਸੰਗਤ ਨੂੰ ਕਰਨਗੇ ਨਿਹਾਲ

ਡ੍ਰੋਨ ਸ਼ੋਅ ਤੋਂ ਇਲਾਵਾ ਸਮਾਗਮ ਵਿੱਚ ਉੱਘੇ ਰਾਗੀ ਜਥੇ ਵੀ ਸ਼ਾਮਲ ਹੋਣਗੇ। ਰਾਗੀ ਜਥਿਆਂ ਵੱਲੋਂ ਕੀਰਤਨ ਰਾਹੀਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਨਾਲ ਜੋੜਿਆ ਜਾਵੇਗਾ।

ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਦੇ ਪਹੁੰਚਣ ਦੀ ਉਮੀਦ ਹੈ। ਇਸ ਤੋਂ ਇਲਾਵਾ ਕਈ ਉੱਘੀਆਂ ਸ਼ਖ਼ਸੀਅਤਾਂ ਵੀ ਨਿਮਾਣੇ ਸ਼ਰਧਾਲੂਆਂ ਵਜੋਂ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ।

Published on: 05 Sep 2026

Editor Info

Pushpinder Kaur
publictimes@gmail.com
+91 84278 93668