Saturday, 22 August 2026
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਸੰਭਵ: ਮੋਹਿੰਦਰ ਭਗਤ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ’ਤੇ ਚੱਲ ਕੇ ਹੀ ਆਦਰਸ਼ ਸਮਾਜ ਦੀ ਸਿਰਜਣਾ ਸੰਭਵ: ਮੋਹਿੰਦਰ ਭਗਤ

650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਲੌਰ ਵਿਖੇ ਮਹਾਨ ਕੀਰਤਨ ਸਮਾਗਮ, ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ

ਫਿਲੌਰ/ਜਲੰਧਰ, 22 ਅਗਸਤ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ ਸ਼ਨੀਵਾਰ ਨੂੰ ਨਵੀਂ ਦਾਣਾ ਮੰਡੀ, ਪਿੰਡ ਸੈਫਾਬਾਦ, ਫਿਲੌਰ ਵਿਖੇ ਪੂਰੀ ਸ਼ਰਧਾ ਅਤੇ ਆਤਮਿਕ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ, ਕਥਾ ਅਤੇ ਭਗਤੀ ਭਜਨਾਂ ਦਾ ਆਨੰਦ ਮਾਣਿਆ।

ਸਮਾਗਮ ਦੌਰਾਨ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਅਤੇ ਐਸ.ਡੀ.ਐਮ. ਦੀਪਕ ਭਾਟੀਆ ਸਮੇਤ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੇ ਮੱਥਾ ਟੇਕਿਆ।

ਰਸਭਿੰਨੇ ਕੀਰਤਨ ਨਾਲ ਨਾਮ-ਰਸ ’ਚ ਲੀਨ ਹੋਈਆਂ ਸੰਗਤਾਂ

ਸਮਾਗਮ ਵਿੱਚ ਸੰਤ ਸਮਾਜ ਨਾਲ ਸਬੰਧਤ ਵੱਖ-ਵੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ। ਪ੍ਰਸਿੱਧ ਰਾਗੀ ਭਾਈ ਦਵਿੰਦਰ ਸਿੰਘ ਸੋਢੀ (ਲੁਧਿਆਣਾ ਵਾਲੇ) ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ।

ਇਸ ਉਪਰੰਤ ਭਾਈ ਗੁਰਮੀਤ ਸਿੰਘ ਨੇ ਗੁਰਬਾਣੀ ਕਥਾ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਸਮਾਨਤਾ, ਨਿਮਰਤਾ ਤੇ ਨਿਸ਼ਕਾਮ ਸੇਵਾ ਦੇ ਸੰਦੇਸ਼ ’ਤੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ।

ਗੁਰੂ ਸਾਹਿਬ ਦੀ ਬਾਣੀ ਮਨੁੱਖੀ ਬਰਾਬਰੀ ਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੰਦੀ ਹੈ: ਮੋਹਿੰਦਰ ਭਗਤ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਸਰਬ ਸਾਂਝੀਵਾਲਤਾ, ਮਨੁੱਖੀ ਬਰਾਬਰੀ, ਸਮਾਜਿਕ ਨਿਆਂ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੀ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲ ਕੇ ਹੀ ਇੱਕ ਆਦਰਸ਼ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।

ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਬਾਣੀ ਅਤੇ ਜੀਵਨ ਫਲਸਫ਼ੇ ਨੂੰ ਘਰ-ਘਰ ਪਹੁੰਚਾਉਣ ਦੇ ਨਾਲ-ਨਾਲ ਇਸ ਸਬੰਧੀ ਅਧਿਐਨ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

37 ਕਰੋੜ ਨਾਲ ਬਣ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਲੰਧਰ ਦੇ ਨੌਗੱਜਾ/ਫਰੀਦਪੁਰ ਵਿਖੇ 10 ਏਕੜ ਤੋਂ ਵੱਧ ਰਕਬੇ ਵਿੱਚ ਕਰੀਬ 37 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਗੁਰੂ ਸਾਹਿਬ ਦੀ ਬਾਣੀ, ਵਿਚਾਰਧਾਰਾ ਅਤੇ ਜੀਵਨ ਫਲਸਫ਼ੇ ਦੇ ਅਧਿਐਨ ਨੂੰ ਉਤਸ਼ਾਹਿਤ ਕਰਨ ਦੇ ਨਾਲ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਡਾ. ਰਾਜ ਕੁਮਾਰ ਚੱਬੇਵਾਲ ਨੇ ਦਿੱਤੀ 650ਵੇਂ ਪ੍ਰਕਾਸ਼ ਪੁਰਬ ਦੀ ਵਧਾਈ

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ।

ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਕੀਰਤਨ ਸਮਾਗਮ ਕਰਵਾਉਣ ਦੇ ਨਾਲ ਵਿਸ਼ੇਸ਼ ਪ੍ਰਚਾਰ ਵੈਨਾਂ ਰਾਹੀਂ ਪਿੰਡਾਂ ਵਿੱਚ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਫਿਲਮਾਂ ਵੀ ਦਿਖਾਈਆਂ ਜਾ ਰਹੀਆਂ ਹਨ। ਇਸ ਦਾ ਮਕਸਦ ਖ਼ਾਸ ਤੌਰ ’ਤੇ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਮਹਾਨ ਸੰਦੇਸ਼ ਅਤੇ ਜੀਵਨ ਫਲਸਫ਼ੇ ਨਾਲ ਜੋੜਨਾ ਹੈ।

ਉਨ੍ਹਾਂ ਲੋਕਾਂ ਨੂੰ ਧਰਮ, ਦਇਆ, ਸਮਾਨਤਾ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ।

ਸਮਾਗਮ ਦੇ ਅਖੀਰ ਵਿੱਚ ਹਲਕਾ ਇੰਚਾਰਜ ਫਿਲੌਰ ਹਰਜੋਤ ਕੌਰ ਲੋਹਟੀਆ ਨੇ ਸੰਗਤਾਂ, ਧਾਰਮਿਕ ਸੰਸਥਾਵਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਮਾਗਮ ਨੂੰ ਸਫ਼ਲ ਬਣਾਉਣ ਲਈ ਧੰਨਵਾਦ ਕੀਤਾ।

 

Published on: 22 Aug 2026

Editor Info

Pushpinder Kaur
publictimes@gmail.com
+91 84278 93668