Wednesday, 29 July 2026
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ

ਜਲੰਧਰ ਦੇ 6 ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਕੀਤਾ ਗਿਆ ਪ੍ਰਦਰਸ਼ਨ, ਲੋਕਾਂ ਵੱਲੋਂ ਭਰਵਾਂ ਹੁੰਗਾਰਾ

ਜਲੰਧਰ, 29 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਜ਼ਿਲ੍ਹੇ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉੱਚ ਵਿਚਾਰਾਂ ਅਤੇ ਮਨੁੱਖਤਾ ਲਈ ਦਿੱਤੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਬੀਤੀ ਸ਼ਾਮ ਜ਼ਿਲ੍ਹੇ ਦੇ ਤਲਵੰਡੀ ਭਾਈ, ਸਦਾ ਚੱਕ, ਮਹਿਮਦਪੁਰ, ਤਲਵਾੜਾ, ਰਗੜਾ ਅਤੇ ਫਾਜ਼ਲਪੁਰ ਸਮੇਤ ਛੇ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ ਕਰੀਬ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਫਿਲਮ ਨੂੰ ਧਿਆਨ ਨਾਲ ਦੇਖਿਆ।

ਹਰ ਰੋਜ਼ ਛੇ ਪਿੰਡਾਂ ਵਿੱਚ ਹੋ ਰਿਹਾ ਹੈ ਪ੍ਰਦਰਸ਼ਨ

ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਤਹਿਤ ਜ਼ਿਲ੍ਹੇ ਦੇ ਹਰ ਰੋਜ਼ ਛੇ ਪਿੰਡਾਂ ਵਿੱਚ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ। ਫਿਲਮ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਮਾਜਿਕ ਸੁਧਾਰਾਂ ਲਈ ਉਨ੍ਹਾਂ ਦੇ ਯੋਗਦਾਨ, ਮਨੁੱਖੀ ਕਦਰਾਂ-ਕੀਮਤਾਂ, ਸਮਾਜਿਕ ਬਰਾਬਰੀ, ਵਿਸ਼ਵ ਭਾਈਚਾਰੇ, ਸੇਵਾ ਭਾਵਨਾ ਅਤੇ ਕਿਰਤ ਦੀ ਮਹੱਤਤਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ।

ਸਮਾਨਤਾ ਅਤੇ ਭਾਈਚਾਰੇ ਦਾ ਸੰਦੇਸ਼ ਪਹੁੰਚਾਉਣ ਦੀ ਸ਼ਲਾਘਾ

ਪ੍ਰਦਰਸ਼ਨ ਦੌਰਾਨ ਮੌਜੂਦ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉੱਚ ਆਦਰਸ਼ਾਂ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਹ ਬਹੁਤ ਹੀ ਸਰਾਹਣਯੋਗ ਪਹਿਲ ਹੈ।

ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਨਾਲ ਸਮਾਜ ਵਿੱਚ ਸਦਭਾਵਨਾ, ਆਪਸੀ ਪਿਆਰ, ਭਾਈਚਾਰੇ ਅਤੇ ਸਮਾਜਿਕ ਏਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਨੌਜਵਾਨ ਪੀੜ੍ਹੀ ਨੂੰ ਵੀ ਮਹਾਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਪ੍ਰਾਪਤ ਹੋਵੇਗੀ।

Published on: 29 Jul 2026

Editor Info

Pushpinder Kaur
publictimes@gmail.com
+91 84278 93668