ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਰਾਜ ਗਿੱਲ ਅਤੇ NRI ਵੀਰਾਂ ਦੇ ਸਹਿਯੋਗ ਨਾਲ ਲਗਾਇਆ ਗਿਆ ਸੇਵਾ ਉਪਰਾਲਾ
ਨਕੋਦਰ: ਸ਼੍ਰੋਮਣੀ ਅਕਾਲੀ ਦਲ ਦੇ ਨਕੋਦਰ ਸਥਿਤ ਮੁੱਖ ਦਫ਼ਤਰ ਵਿਖੇ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹਲਕਾ ਨਕੋਦਰ ਦੇ ਵੱਖ-ਵੱਖ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ। ਇਹ ਸੇਵਾ ਉਪਰਾਲਾ ਪਿੰਡ ਗਿੱਲਾਂ ਦੇ ਰਾਜ ਗਿੱਲ ਅਤੇ ਸਮੂਹ NRI ਵੀਰਾਂ ਦੇ ਸਹਿਯੋਗ ਨਾਲ ਕੀਤਾ ਗਿਆ।
ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰ, ਵਰਕਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਲੋੜਵੰਦ ਅਤੇ ਗਰੀਬ ਪਰਿਵਾਰਾਂ ਦੀ ਸੇਵਾ ਕਰਨਾ ਮਾਨਵਤਾ ਦਾ ਸਭ ਤੋਂ ਵੱਡਾ ਧਰਮ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕ ਹਿੱਤਾਂ ਅਤੇ ਸਮਾਜ ਸੇਵਾ ਨਾਲ ਜੁੜੇ ਕਾਰਜਾਂ ਲਈ ਵਚਨਬੱਧ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਰਾਸ਼ਨ ਵਰਗੀਆਂ ਰੋਜ਼ਾਨਾ ਲੋੜ ਦੀਆਂ ਵਸਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੁੰਦੇ ਹਨ।
ਜਥੇਦਾਰ ਵਡਾਲਾ ਨੇ ਇਸ ਸੇਵਾ ਕਾਰਜ ਵਿੱਚ ਸਹਿਯੋਗ ਦੇਣ ਲਈ ਪਿੰਡ ਗਿੱਲਾਂ ਦੇ ਰਾਜ ਗਿੱਲ ਅਤੇ ਵਿਦੇਸ਼ਾਂ ਵਿੱਚ ਵਸਦੇ ਸਮੂਹ NRI ਵੀਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਵਾਸੀ ਪੰਜਾਬੀ ਆਪਣੀ ਹੱਕ-ਹਲਾਲ ਦੀ ਕਮਾਈ ਵਿੱਚੋਂ ਆਪਣੇ ਪਿੰਡਾਂ ਅਤੇ ਇਲਾਕਿਆਂ ਦੇ ਵਿਕਾਸ ਤੇ ਸਮਾਜ ਭਲਾਈ ਦੇ ਕੰਮਾਂ ਲਈ ਲਗਾਤਾਰ ਯੋਗਦਾਨ ਪਾਉਂਦੇ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ ਪਿੰਡ ਗਿੱਲਾਂ ਨਾਲ ਸਬੰਧਤ ਪ੍ਰਮੁੱਖ ਸ਼ਖਸੀਅਤਾਂ ਅਤੇ NRI ਭਾਈਚਾਰੇ ਵੱਲੋਂ ਪਹਿਲਾਂ ਵੀ ਅਜਿਹੇ ਸਮਾਜ ਸੇਵੀ ਕਾਰਜਾਂ ਲਈ ਸਹਿਯੋਗ ਦਿੱਤਾ ਜਾਂਦਾ ਰਿਹਾ ਹੈ, ਜਿਸ ਨਾਲ ਅਨੇਕਾਂ ਲੋੜਵੰਦ ਪਰਿਵਾਰਾਂ ਤੱਕ ਮਦਦ ਪਹੁੰਚਾਈ ਗਈ ਹੈ।
ਜਥੇਦਾਰ ਵਡਾਲਾ ਨੇ ਉਮੀਦ ਪ੍ਰਗਟਾਈ ਕਿ NRI ਭਾਈਚਾਰੇ ਦਾ ਇਹ ਸਹਿਯੋਗ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਅਤੇ ਉਨ੍ਹਾਂ ਦੇ ਸਾਥੀ ਹਲਕੇ ਦੇ ਲੋਕਾਂ ਦੇ ਦੁੱਖ-ਸੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ ਅਤੇ ਬਿਨਾਂ ਕਿਸੇ ਭੇਦਭਾਵ ਦੇ ਲੋਕ ਸੇਵਾ ਦੇ ਕਾਰਜ ਜਾਰੀ ਰੱਖੇ ਜਾਣਗੇ।
ਇਸ ਮੌਕੇ ਹੋਰਨਾਂ ਆਗੂਆਂ ਨੇ ਵੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ NRI ਵੀਰਾਂ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਰਾਸ਼ਨ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਵੀ ਜਥੇਦਾਰ ਵਡਾਲਾ, ਰਾਜ ਗਿੱਲ ਅਤੇ ਸਹਿਯੋਗੀ NRI ਵੀਰਾਂ ਦਾ ਧੰਨਵਾਦ ਕੀਤਾ।
