ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 290 ਸ਼ਿਕਾਇਤਾਂ ਦਾ ਨਿਪਟਾਰਾ, ਲੰਬਿਤ ਮਾਮਲਿਆਂ ਦੀ ਨਿਯਮਿਤ ਸਮੀਖਿਆ ਦੇ ਨਿਰਦੇਸ਼
ਜਲੰਧਰ, 3 ਅਗਸਤ: ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਬਿਨਾਂ ਕਿਸੇ ਦੇਰੀ ਦੇ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਅਤੇ ਹਲਕਾ ਪੱਧਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਪਾਵਰਕਾਮ, ਨਗਰ ਨਿਗਮ, ਪੁਲਿਸ, ਟੈਕਸ ਅਤੇ ਐਕਸਾਈਜ਼ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰੀਬ 290 ਸ਼ਿਕਾਇਤਾਂ ਦਾ ਸਫ਼ਲ ਨਿਪਟਾਰਾ ਕੀਤਾ ਜਾ ਚੁੱਕਾ ਹੈ।
ਆਨਲਾਈਨ ਪੋਰਟਲ ਰਾਹੀਂ ਵੀ ਦਰਜ ਕਰਵਾ ਸਕਦੇ ਹਨ ਸ਼ਿਕਾਇਤਾਂ
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ www.punjabdisewa.com ਪੋਰਟਲ ਸ਼ੁਰੂ ਕੀਤਾ ਹੈ, ਜਿਸ 'ਤੇ ਵਪਾਰੀ ਆਪਣੀਆਂ ਸ਼ਿਕਾਇਤਾਂ ਆਨਲਾਈਨ ਦਰਜ ਕਰਵਾ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪੋਰਟਲ 'ਤੇ ਪ੍ਰਾਪਤ ਹਰ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਕੇ ਨਿਰਧਾਰਤ ਸਮੇਂ ਅੰਦਰ ਉਸ ਦਾ ਹੱਲ ਯਕੀਨੀ ਬਣਾਇਆ ਜਾਵੇ।
ਲੰਬਿਤ ਮਾਮਲਿਆਂ ਦੀ ਨਿਯਮਿਤ ਸਮੀਖਿਆ ਕਰਨ ਦੇ ਨਿਰਦੇਸ਼
ਵਰਜੀਤ ਵਾਲੀਆ ਨੇ ਕਿਹਾ ਕਿ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ 'ਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਲਗਾਤਾਰ ਸਮੀਖਿਆ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਦੀਆਂ ਸ਼ਿਕਾਇਤਾਂ ਨੂੰ ਵਿਅਕਤੀਗਤ ਤੌਰ 'ਤੇ ਤਰਜੀਹ ਦੇਣ ਦੇ ਨਿਰਦੇਸ਼ ਵੀ ਦਿੱਤੇ। ਨਾਲ ਹੀ ਲੰਬਿਤ ਮਾਮਲਿਆਂ ਦੀ ਪ੍ਰਗਤੀ ਦੀ ਨਿਯਮਿਤ ਸਮੀਖਿਆ ਕਰਕੇ ਉਨ੍ਹਾਂ ਦਾ ਜਲਦੀ ਨਿਪਟਾਰਾ ਕਰਨ 'ਤੇ ਜ਼ੋਰ ਦਿੱਤਾ।
ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਵਪਾਰੀਆਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਏ.ਡੀ.ਸੀ.ਪੀ. ਸੁਖਵਿੰਦਰ ਸਿੰਘ, ਸਮੂਹ ਐਸ.ਡੀ.ਐਮ., ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ, ਇੰਦਰਵੰਸ਼ ਸਿੰਘ ਚੱਢਾ ਸਮੇਤ ਹੋਰ ਨੁਮਾਇੰਦੇ ਵੀ ਹਾਜ਼ਰ ਸਨ।