ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ, ਚੜ੍ਹਦੀਕਲਾ ਤੇ ਤੰਦਰੁਸਤੀ ਲਈ ਕੀਤੀ ਅਰਦਾਸ
ਜਲੰਧਰ: ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸ. ਇਕਬਾਲ ਸਿੰਘ ਢੀਂਡਸਾ ਵੱਲੋਂ ਯੂਥ ਅਕਾਲੀ ਦਲ ਜਲੰਧਰ ਦੇ ਨਵੇਂ ਨਿਯੁਕਤ ਪ੍ਰਧਾਨ, ਵਾਈਸ ਪ੍ਰਧਾਨਾਂ ਅਤੇ ਪੀ.ਏ.ਸੀ. (PAC) ਮੈਂਬਰਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰਨਗੇ।
ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਦੀ ਚੜ੍ਹਦੀਕਲਾ, ਤੰਦਰੁਸਤੀ ਅਤੇ ਲੰਬੀ ਉਮਰ ਲਈ ਪਾਠ ਉਪਰੰਤ ਅਰਦਾਸ ਵੀ ਕੀਤੀ ਗਈ।
ਯੂਥ ਅਕਾਲੀ ਦਲ ਜਲੰਧਰ ਦੇ ਪ੍ਰਧਾਨ ਅਮ੍ਰਿਤ ਬੀਰ ਸਿੰਘ ਨੇ ਸਨਮਾਨ ਲਈ ਸ. ਇਕਬਾਲ ਸਿੰਘ ਢੀਂਡਸਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਵੀਂ ਟੀਮ ਨੂੰ ਦਿੱਤਾ ਗਿਆ ਮਾਣ-ਸਤਿਕਾਰ ਉਨ੍ਹਾਂ ਨੂੰ ਹੋਰ ਜ਼ਿੰਮੇਵਾਰੀ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ।
ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੀ ਟੀਮ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰੇਗੀ ਅਤੇ ਨੌਜਵਾਨਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਦੇ ਨਾਲ ਉਨ੍ਹਾਂ ਨੂੰ ਸੰਗਠਨ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਅਮ੍ਰਿਤ ਬੀਰ ਸਿੰਘ ਨੇ ਸ. ਸੁਖਬੀਰ ਸਿੰਘ ਬਾਦਲ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਸਮੁੱਚੀ ਟੀਮ ਉਨ੍ਹਾਂ ਦੀ ਚੜ੍ਹਦੀਕਲਾ ਲਈ ਅਰਦਾਸ ਕਰਦੀ ਹੈ।
